Wednesday, July 29
Shadow

ਮਿਸ਼ਨ ਓਲੰਪਿਕ 2036 ਦੇ ਟੀਚੇ ਅਨੁਸਾਰ ਖਿਡਾਰੀਆਂ ਨੂੰ ਤਿਆਰ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ੍ਹ, 9 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਿਸ਼ਨ ਓਲੰਪਿਕ 2036 ਦੇ ਟੀਚੇ ਅਨੁਸਾਰ ਖਿਡਾਰੀਆਂ ਨੂੰ ਵੱਧ ਤੋਂ ਵੱਧ ਮੈਡਲ ਜਿੱਤਣ ਲਈ ਤਿਆਰ ਕਰਨ ਵਾਸਤੇ ਰਾਜ ਵਿੱਚ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਵਿਕਸਿਤ ਕਰਨ ਲਈ ਪਹਿਲੇ ਪੜਾਅ ਵਿੱਚ 11 ਸੈਂਟਰ ਵਿਕਸਿਤ ਕੀਤੇ ਜਾਣਗੇ। ਇਸ ਦੇ ਲਈ ਲਗਭਗ 800 ਕਰੋੜ ਰੁਪਏ ਦੇ ਬਜਟ ਦਾ ਪ੍ਰਾਵਾਧਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਮਿਸ਼ਨ ਓਲੰਪਿਕ ਨੂੰ ਲੈ ਕੇ ਆਯੋਜਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਖੇਡ ਰਾਜ ਮੰਤਰੀ ਗੌਰਵ ਗੌਤਮ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਕੇਂਦਰਾਂ ਵਿੱਚ ਸਪੋਰਟਸ ਯੂਨੀਵਰਸਿਟੀ ਰਾਏ, ਸਟੇਟ ਸਪੋਰਟਸ ਕੰਪਲੈਕਸ ਪਲਵਲ, ਟੀ.ਡੀ.ਐਲ. ਸਪੋਰਟਸ ਕੰਪਲੈਕਸ ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ ਤੋਂ ਇਲਾਵਾ ਸਪੋਰਟਸ ਕੰਪਲੈਕਸ ਪ੍ਰਾਈਵੇਟ ਅਕੈਡਮੀ ਕਰਨਾਲ, ਜੀਂਦ, ਗੋਹਾਨਾ, ਯਮੁਨਾਨਗਰ ਸ਼ਾਮਲ ਹਨ। ਮੀਟਿੰਗ ਦੌਰਾਨ ਨਵੇਂ ਖਿਡਾਰੀਆਂ ਨੂੰ ਤਿਆਰ ਕਰਨ ਬਾਰੇ ਵਿਸਥਾਰ ਨਾਲ ਚਰਚਾ ਹੋਈ, ਜਿਸ ਵਿੱਚ 13 ਤੋਂ 16 ਸਾਲ ਦੀ ਉਮਰ ਵਰਗ ਦੇ ਨੌਜਵਾਨ ਖਿਡਾਰੀ ਸ਼ਾਮਲ ਹਨ। ਉਹਨਾਂ ਦੱਸਿਆ ਕਿ ਓਲੰਪਿਕ 2036 ਟੈਲੇਂਟ ਮਿਸ਼ਨ ਤਹਿਤ ਸਪੋਰਟਸ ਯੂਨੀਵਰਸਿਟੀ ਰਾਏ ਨੂੰ ਨੋਡਲ ਏਜੰਸੀ ਬਣਾਇਆ ਗਿਆ ਹੈ। ਇਸ ਦੀ ਦੇਖਰੇਖ ਖੇਡ ਰਾਜ ਮੰਤਰੀ ਗੌਰਵ ਗੌਤਮ ਕਰਨਗੇ।

ਮੁੱਖ ਮੰਤਰੀ ਨੇ ਦੱਸਿਆ ਕਿ ਇਹਨਾਂ ਕੇਂਦਰਾਂ ਵਿੱਚ 1200 ਬੱਚਿਆਂ ਨੂੰ ਵੱਖ-ਵੱਖ ਖੇਡ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਾਲ 2028 ਵਿੱਚ ਹੋਣ ਵਾਲੀਆਂ ਏਸ਼ੀਅਨ ਖੇਡਾਂ ਲਈ ਵੀ ਵੱਧ ਤੋਂ ਵੱਧ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਬਿਹਤਰ ਸਿਖਲਾਈ ਦੀ ਸਹੂਲਤ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਖਿਡਾਰੀਆਂ ਲਈ ਓਲੰਪਿਕ ਤਗ਼ਮਾ ਜੇਤੂ ਕੋਚ ਲਗਾਏ ਜਾਣਗੇ। ਇਸ ਤੋਂ ਇਲਾਵਾ 23 ਹੋਰ ਖੇਡ ਸੈਂਟਰ ਵੀ ਵਿਕਸਿਤ ਕੀਤੇ ਜਾਣਗੇ, ਜਿਨ੍ਹਾਂ ਵਿੱਚ ਖਿਡਾਰੀਆਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਹੋਵੇਗਾ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਪ੍ਰਧਾਨ ਸਕੱਤਰ ਅਰੁਣ ਗੁਪਤਾ, ਕਮਿਸ਼ਨਰ ਅਤੇ ਸਕੱਤਰ ਸੀ.ਜੀ. ਰਜਨੀਕਾਂਥਨ, ਮੁੱਖ ਮੰਤਰੀ ਦੇ ਉਪ-ਪ੍ਰਧਾਨ ਸਕੱਤਰ ਡਾ. ਯਸ਼ਪਾਲ, ਅਜੇ ਕੁਮਾਰ, ਕੈਪਟਨ ਮਨੋਜ ਕੁਮਾਰ, ਨਿਦੇਸ਼ਕ ਪਾਰਥ ਗੁਪਤਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *