Sunday, June 21
Shadow

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

*ਚੰਡੀਗੜ੍ਹ/ਜਲੰਧਰ, 29 ਅਪ੍ਰੈਲ:* ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ‘ਚ ਹੜ੍ਹ ਰੋਕਥਾਮ ਕਾਰਜਾਂ ਦੀ ਸਮੀਖਿਆ ਦੇ ਲਗਾਤਾਰ ਦੂਜੇ ਦਿਨ ਅੱਜ ਜ਼ਿਲ੍ਹਾ ਜਲੰਧਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਿੰਡਾਂ ਵਿਖੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਵਰਗੇ ਹਾਲਾਤ ਦੌਰਾਨ ਜਾਨ-ਮਾਲ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਡਰੇਨੇਜ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਹੜ੍ਹ ਰੋਕਥਾਮ ਕਾਰਜਾਂ ਵਾਲੀ ਥਾਂ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਹੜ੍ਹਾਂ ਦੌਰਾਨ ਦੋਵੇਂ ਪਿੰਡਾਂ ਨੂੰ ਜ਼ਮੀਨ ਦੇ ਕਟਾਅ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਅਜਿਹੀਆਂ ਘਟਨਾਵਾਂ ਨੂੰ ਮੁੜ ਹੋਣ ਤੋਂ ਰੋਕਣ ਲਈ ਇਨ੍ਹਾਂ ਕਮਜ਼ੋਰ ਥਾਵਾਂ ਦੇ ਮਜ਼ਬੂਤੀਕਰਨ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਦਰਿਆਵਾਂ ‘ਚ ਕੁੱਲ 132 ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ ਅਤੇ ਸਾਰੀਆਂ ਥਾਵਾਂ ਨੂੰ ਜੰਗੀ ਪੱਧਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਬੰਨ੍ਹ ਦੀ ਚੌੜਾਈ ਨੂੰ 6-7 ਫੁੱਟ ਤੋਂ ਵਧਾ ਕੇ 22 ਫੁੱਟ ਕਰ ਦਿੱਤਾ ਗਿਆ ਹੈ, ਜਦਕਿ ਮੰਡਾਲਾ ਛੰਨਾ ਅਤੇ ਗਿੱਦੜਪਿੰਡੀ ਵਿਖੇ ਮਜ਼ਬੂਤੀਕਰਨ ਦੇ ਕੰਮਾਂ ‘ਤੇ 16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰਾਜੈਕਟ ਮਾਨਸੂਨ ਤੋਂ ਪਹਿਲਾਂ ਮੁਕੰਮਲ ਹੋ ਜਾਣਗੇ।

ਆਪਣੇ ਦੌਰੇ ਦੌਰਾਨ ਸ੍ਰੀ ਗੋਇਲ ਨੇ ਗਿੱਦੜਪਿੰਡੀ ਰੇਲਵੇ ਪੁਲ ਦੇ ਹੇਠਾਂ ਚੱਲ ਰਹੇ ਗਾਰ ਕੱਢਣ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਭਾਰੀ ਬਾਰਸ਼ ਦੌਰਾਨ ਦਰਿਆ ਦੇ ਪਾਣੀ ਦੇ ਵਹਾਅ ਨੂੰ ਸੁਚਾਰੂ ਬਣਾਉਣ ਲਈ ਚੈਨਲ ਦੀ ਪੂਰੀ ਤਰ੍ਹਾਂ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਗਿੱਦੜਪਿੰਡੀ ਵਿੱਚ ਮੌਜੂਦਾ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬਣਾਏ ਜਾ ਰਹੇ ਐਕਸਟੈਂਸ਼ਨ ਬੰਨ੍ਹ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ, ਜੋ ਪਿਛਲੇ ਸਮੇਂ ਕਟਾਅ ਕਾਰਨ ਕਮਜ਼ੋਰ ਹੋ ਗਿਆ ਸੀ।

ਇਸ ਉਪਰੰਤ ਕੈਬਨਿਟ ਮੰਤਰੀ ਨੇ ਮੰਡਲਾ ਛੰਨਾ ਵਿੱਚ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਚੱਲ ਰਹੇ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰਾਜੈਕਟਾਂ ਵਿੱਚ ਲਿਆਂਦੀ ਜਾਵੇ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਇਨ੍ਹਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਸ਼੍ਰੀ ਗੋਇਲ ਨੇ ਕਿਹਾ ਕਿ ਹੜ੍ਹਾਂ ਨੂੰ ਕੰਟਰੋਲ ਕਰਨ ਸਬੰਧੀ ਕਈ ਉਪਾਅ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ, ਜਦੋਂ ਕਿ ਕਈ ਚੱਲ ਰਹੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਹੜ੍ਹ ਨਾਲ ਸਬੰਧਤ ਜੋਖਮਾਂ ਤੋਂ ਵਸਨੀਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਮੰਡਾਲਾ ਛੰਨਾ ਦੇ ਸਰਪੰਚ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਇੰਨੀ ਵੱਡੀ ਪੱਧਰ ‘ਤੇ ਹੜ੍ਹ ਰੋਕਥਾਮ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

Leave a Reply

Your email address will not be published. Required fields are marked *