
ਚੰਡੀਗੜ੍ਹ, 4 ਜੂਨ – ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ 5 ਜੂਨ ਨੂੰ ਗੁਰੂਗ੍ਰਾਮ ਵਿੱਚ ਰਾਜ ਪੱਧਰੀ ਸਮਾਰੋਹ ਦੌਰਾਨ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਅਤੇ ਊਰਜਾ ਮੰਤਰੀ ਸ੍ਰੀ ਮਨੋਹਰ ਲਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦੋਂ ਕਿ ਹਰਿਆਣਾ ਦੇ ਜੰਗਲਾਤ, ਵਾਤਾਵਰਣ ਅਤੇ ਜੰਗਲੀ ਜੀਵ ਮੰਤਰੀ ਰਾਓ ਨਰਬੀਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹਿਣਗੇ। ਸਮਾਰੋਹ ਵਿੱਚ ਵਾਤਾਵਰਣ ਸਰੰਖਣ, ਸਵੱਛਤਾ, ਕੂੜਾ ਪ੍ਰਬੰਧਨ ਅਤੇ ਹਰਿਤ ਵਿਕਾਸ ਨਾਲ ਸੰਬੰਧਿਤ ਵੱਖ-ਵੱਖ ਪਹਿਲਕਦਮੀਆਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ।
ਇੱਕ ਸਰਕਾਰੀ ਬੁਲਾਰੇ ਨੇ ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਬਾਇਓਰੀਮੀਡੀਏਸ਼ਨ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕਰਨਗੇ ਅਤੇ ਵਾਤਾਵਰਣ ਸੰਭਾਲ ਨਾਲ ਜੁੜੀ ਨਵੀਂ ਪਹਿਲਕਦਮੀ ਦੀ ਸ਼ੁਰੂਆਤ ਕਰਨਗੇ। ਇਸ ਦੇ ਨਾਲ ਹੀ ਪੌਧਾਰੋਪਣ ਦੇ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਜਾਵੇਗਾ, ਜਿਸ ਰਾਹੀਂ ਹਰਿਆਵਲ ਦਾ ਦਾਇਰਾ ਵਧਾਉਣ ਅਤੇ ਵਾਤਾਵਰਣ ਸਰੰਖਣ ਦਾ ਸੰਦੇਸ਼ ਦਿੱਤਾ ਜਾਵੇਗਾ।
ਵਰਨਣਯੋਗ ਹੈ ਕਿ ਇਸ ਸਾਲ ਵਿਸ਼ਵ ਵਾਤਾਵਰਣ ਦਿਵਸ ਦੀ ਥੀਮ “ਪ੍ਰਕਿਰਤੀ ਤੋਂ ਪ੍ਰੇਰਿਤ – ਜਲਵਾਯੂ ਲਈ – ਸਾਡੇ ਭਵਿੱਖ ਲਈ” ਨਿਰਧਾਰਿਤ ਕੀਤੀ ਗਈ ਹੈ। ਇਹ ਥੀਮ ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਨਾਲ ਨਜਿੱਠਣ, ਕੁਦਰਤੀ ਸਰੋਤਾਂ ਦੀ ਸੰਭਾਲ, ਜੈਵ-ਵਿਵਿਧਤਾ ਨੂੰ ਪ੍ਰੋਤਸਾਹਿਤ ਕਰਨ ਅਤੇ ਟਿਕਾਊ ਵਿਕਾਸ ਨੂੰ ਹੁਲਾਰਾ ਦੇਣ ਦਾ ਸੰਦੇਸ਼ ਦਿੰਦੀ ਹੈ।
ਹਰਿਆਣਾ ਸਰਕਾਰ ਵੱਲੋਂ ਵਾਤਾਵਰਣ ਸੰਭਾਲ ਨੂੰ ਜਨ ਅੰਦੋਲਨ ਦਾ ਰੂਪ ਦੇਣ ਦੇ ਉਦੇਸ਼ ਨਾਲ ਵੱਖ-ਵੱਖ ਯੋਜਨਾਵਾਂ ਅਤੇ ਮੁਹਿੰਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ। ਜੰਗਲਾਤ, ਵਾਤਾਵਰਣ ਅਤੇ ਜੰਗਲੀ ਜੀਵ ਮੰਤਰੀ ਰਾਓ ਨਰਬੀਰ ਸਿੰਘ ਲਗਾਤਾਰ ਸੂਬਾ ਵਾਸਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ, ਪਾਣੀ ਦੀ ਬਚਤ ਨੂੰ ਪ੍ਰੋਤਸਾਹਿਤ ਕਰਨ, ਸਵੱਛਤਾ ਅਪਣਾਉਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਬਚਣ ਦੀ ਅਪਲ ਕਰ ਰਹੇ ਹਨ। ਰਾਜ ਸਰਕਾਰ ਦਾ ਟੀਚਾ ਵਾਤਾਵਰਣ ਸਰੰਖਣ ਨੂੰ ਸਿਰਫ ਸਰਕਾਰੀ ਪ੍ਰੋਗਰਾਮਾਂ ਤੱਕ ਸੀਮਿਤ ਨਾ ਰੱਖ ਕੇ ਜਨ-ਭਾਗੀਦਾਰੀ ਰਾਹੀਂ ਇੱਕ ਵਿਆਪਕ ਸਮਾਜਿਕ ਮੁਹਿੰਮ ਦਾ ਰੂਪ ਦੇਣਾ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।