Saturday, June 13
Shadow

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਨਰਿੰਦਰ ਕੌਰ ਭਰਾਜ

ਸੰਗਰੂਰ, 09 ਜੂਨ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਅੱਜ ਸ਼੍ਰੀ ਕਾਲਾ ਮਾਤਾ ਮੰਦਰ ਦੇ ਹਾਲ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਇਸ ਮੌਕੇ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾ ਨੇ ਦੱਸਿਆ ਕਿ ਨਸ਼ਿਆਂ ਦੀ ਖਾਤਮੇ ਹਿੱਤ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਅਤੇ ਨਸ਼ਿਆਂ ਖਿਲਾਫ ਜਾਗਰੂਕਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਲੈਣ ਲਈ ਪਿੰਡਾਂ ਤੇ ਸ਼ਹਿਰਾਂ ਲਈ ਈ-ਰਿਕਸ਼ਾ ਚਲਾਏ ਗਏ ਹਨ। ਇਸ ਤਹਿਤ ਸੰਗਰੂਰ ਵਿਖੇ 155 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਤੇ ਇਹਨਾਂ ਵਿੱਚੋਂ ਤਫਤੀਸ਼ ਉਪਰੰਤ 22 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਨੇ ਕਰੀਬ 90 ਹਜ਼ਾਰ ਵਿਅਕਤੀਆਂ, ਜੋ ਕਿ ਨਸ਼ਾ ਪੀੜਤ ਸਨ, ਦਾ ਇਲਾਜ ਵੀ ਕਰਵਾਇਆ ਹੈ। ਕਰੀਬ 60 ਹਜਾਰ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦਾ ਇਹ ਇਤਿਹਾਸ ਰਿਹਾ ਹੈ ਕਿ ਪੰਜਾਬ ਸਦਾ ਮਾੜੀਆਂ ਅਲਾਮਤਾਂ ਦੇ ਨਾਲ ਲੜਦਾ ਰਿਹਾ ਹੈ ਅਤੇ ਮਾੜੀਆਂ ਅਲਾਮਤਾਂ ਨੂੰ ਹਰਾ ਕੇ ਅੱਗੇ ਵੱਧਦਾ ਰਿਹਾ ਹੈ। ਹੁਣ ਵੀ ਪੰਜਾਬ ਨਸ਼ੇ ਰੂਪੀ ਅਲਾਮਤ ਨੂੰ ਜੜੋਂ ਖਤਮ ਕਰ ਕੇ ਵੱਧ ਤੋਂ ਵੱਧ ਤਰੱਕੀ ਕਰੇਗਾ। ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਵੱਲੋਂ ਲਗਾਤਾਰ ਸਹਿਯੋਗ ਮਿਲ ਰਿਹਾ ਹੈ। ਫਿਰ ਚਾਹੇ ਉਹ ਹੈਲਪਲਾਈਨ ਨੰਬਰ ਹੋਵੇ ਜਾਂ ਜਾਗਰੂਕਤਾ ਈ-ਰਿਕਸ਼ਾ ਰਾਹੀਂ ਦਿੱਤੀਆਂ ਗਈਆਂ ਸ਼ਿਕਾਇਤਾਂ ਹੋਣ, ਲੋਕ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਸਰਗਰਮ ਹਨ।

ਮੀਟਿੰਗ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ਿਆਂ ਦੀ ਮੰਗ ਨੂੰ ਖ਼ਤਮ ਕਰਨਾ ਵੀ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਸ਼੍ਰੀਮਤੀ ਭਰਾਜ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਵੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ।

ਵਿਧਾਇਕ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ, ਨੌਜਵਾਨ, ਸਮਾਜਿਕ ਸੰਸਥਾਵਾਂ ਅਤੇ ਡਿਫੈਂਸ ਕਮੇਟੀਆਂ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ।

ਉਨ੍ਹਾਂ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਨੂੰ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਸਮਾਜ ਤੋਂ ਦੂਰ ਕਰਨ ਦੀ ਬਜਾਏ ਉਨ੍ਹਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਸਹਿਯੋਗ ਦੇਣਾ ਸਮੇਂ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਪ੍ਰਭਾਵਿਤ ਵਿਅਕਤੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਹਰ ਨਾਗਰਿਕ ਨੂੰ ਇਸ ਸਮਾਜਿਕ ਜੰਗ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਇਆ ਜਾ ਸਕੇ।

ਮੀਟਿੰਗ ਦੌਰਾਨ ਹਾਜ਼ਰੀਨ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ ਗਏ।

ਇਸ ਮੌਕੇ ਐਸ.ਡੀ.ਐਮ. ਸੰਗਰੂਰ ਸ਼੍ਰੀ ਸਤੀਸ਼ ਚੰਦਰ, ਐੱਸ.ਡੀ.ਐਮ. ਭਵਾਨੀਗੜ੍ਹ ਸ਼੍ਰੀਮਤੀ ਮਨਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਸਰਪੰਚ, ਪੰਚ, ਡਿਫੈਂਸ ਕਮੇਟੀਆਂ ਦੇ ਮੈਂਬਰ, ਸਮਾਜਿਕ ਆਗੂ ਅਤੇ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *