Sunday, June 21
Shadow

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ/ਚੀਮਾ/ਸੰਗਰੂਰ, 26 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਦੂਜੇ ਦਿਨ ਲਗਾਤਾਰ ਆਪਣੇ ਹਲਕੇ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 20.32 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ।ਬੀਤੇ ਦਿਨ ਵੀ ਉਨ੍ਹਾਂ ਨੇ ਹਲਕੇ ‘ਚ ਵਿਕਾਸ ਦੀ ਹਨ੍ਹੇਰੀ ਲਿਆਉਂਦਿਆਂ 20.42 ਕਰੋੜ ਰੁਪਏ ਦੀ ਲਾਗਤ ਨਾਲ 23 ਕਾਰਜਾਂ ਦਾ ਲੋਕਅਰਪਣ ਕੀਤਾ ਸੀ।

ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਸਫਲਤਾਪੂਰਵਕ ਵੀ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਹਲਕੇ ਵਿੱਚ ਬਿਨ੍ਹਾਂ ਕਿਸੇ ਵਿਤਕਰੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਸਮਾਨ ਵਿਕਾਸ ਯਕੀਨੀ ਬਣਾਇਆ ਹੈ।

ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਂਵਾਂ-ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਸਕੀਮਾਂ ਰਾਹੀਂ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 66 ਹਜ਼ਾਰ ਤੋਂ ਵੱਧ ਨੌਕਰੀਆਂ ਪੂਰੀ ਪਾਰਦਰਸ਼ਤਾ ਨਾਲ ਮੈਰਿਟ ਅਧਾਰ ‘ਤੇ ਦਿੱਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਸਿਹਤ ਤੇ ਸਿੱਖਿਆ ਖੇਤਰ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਹਨ। ਇਸ ਤੋਂ ਇਲਾਵਾ ਪੰਜਾਬ ਨੂੰ ਨਿਵੇਸ਼ ਲਈ ਇੱਕ ਆਕਰਸ਼ਕ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ।

ਵਿਕਾਸ ਕਾਰਜਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਚੱਠੇ ਸੇਖਵਾਂ ਵਿੱਚ ਕਰੀਬ 2 ਕਰੋੜ 43 ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਵਿੱਚ 55 ਲੱਖ ਰੁਪਏ ਦੀ ਲਾਗਤ ਵਾਲਾ ਹੈਲਥ ਐਂਡ ਵੈਲਨੈਸ ਸੈਂਟਰ, ਫਿਰਨੀ ਚੌੜੀ ਕਰਨ ਅਤੇ ਚੱਠੇ ਸੇਖਵਾਂ ਤੋਂ ਮਸੀਤ, ਪੀਰ ਖਾਨਾ ਤੇ ਸਮਾਧ ਤੱਕ ਸੜਕ ਦੀ ਉਸਾਰੀ ਸ਼ਾਮਲ ਹੈ। ਪਿੰਡ ਭੰਮਾਬੱਦੀ ਵਿੱਚ 91 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ।

ਉਨ੍ਹਾਂ ਨੇ ਪਿੰਡ ਬਹਾਦਰਪੁਰ ਵਿੱਚ 3.55 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਨਵੀਂ ਲਾਇਬ੍ਰੇਰੀ, ਹੈਲਥ ਐਂਡ ਵੈਲਨੈਸ ਸੈਂਟਰ, ਸੜਕਾਂ ਦੀ ਉਸਾਰੀ ਅਤੇ ਨਹਿਰੀ ਪਾਣੀ ਦੇ ਮੋਘੇ ਦਾ ਨੀਂਹ ਪੱਥਰ ਰੱਖਿਆ। ਪਿੰਡ ਦੁੱਗਾਂ ਵਿੱਚ ਵੀ 1.74 ਕਰੋੜ ਦੀ ਲਾਗਤ ਨਾਲ ਨਹਿਰੀ ਪਾਣੀ ਦੀ ਸਹੂਲਤ ਲਈ ਮੋਘਾ ਅਤੇ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕੀਤੇ ਗਏ।

ਇਸੇ ਤਰ੍ਹਾਂ ਪਿੰਡ ਕਿਲਾ ਭਰੀਆਂ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਸੜਕ, ਪਿੰਡ ਸ਼ਾਹਪੁਰ ਵਿੱਚ 2.58 ਕਰੋੜ ਰੁਪਏ ਨਾਲ ਤਿੰਨ ਸੜਕਾਂ, ਪਿੰਡ ਬਟੂਹਾ ਖੁਰਦ ਵਿੱਚ 86.28 ਲੱਖ ਰੁਪਏ ਨਾਲ ਸੜਕ ਨਿਰਮਾਣ, ਚੀਮਾ ਵਿੱਚ 2.60 ਕਰੋੜ ਰੁਪਏ ਨਾਲ ਦੋ ਸੜਕਾਂ ਅਤੇ ਤੋਲਾਵਲਾ ਵਿੱਚ 1.46 ਕਰੋੜ ਰੁਪਏ ਨਾਲ ਸੜਕ ਨਿਰਮਾਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਚੌਵਾਸ ਵਿੱਚ ਖੇਤਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੇ ਮੋਘੇ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਸ੍ਰੀ ਅਰੋੜਾ ਨੇ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਇਸ ਤਰ੍ਹਾਂ ਦੇ ਪ੍ਰਾਜੈਕਟ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪਤਵੰਤਿਆਂ ਸਮੇਤ ਪ੍ਰਸ਼ਾਸਕੀ ਅਧਿਕਾਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *