
ਚੰਡੀਗੜ੍ਹ 24 ਜੂਨ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ-ਮਹਾਂਪੁਰਖਾਂ ਦਾ ਜੀਵਨ ਸਮਾਜ ਲਈ ਪ੍ਰੇਰਨਾ ਦਾ ਸਰੋਤ ਹੁੰਦਾ ਹੈ ਅਤੇ ਉਨ੍ਹਾਂ ਦੇ ਦੱਸੇ ਮਾਰਗ ‘ਤੇ ਚੱਲ ਕੇ ਹੀ ਮਨੁੱਖਤਾ, ਸੇਵਾ, ਭਾਈਚਾਰੇ ਅਤੇ ਅਧਿਆਤਮਿਕ ਮੁੱਲਾਂ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਗੁਫਾਸਰ ਸਾਹਿਬ, ਰੋਡੇਵਾਲ, ਪਟਿਆਲਾ, ਪੰਜਾਬ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੇ ਮੌਕੇ ‘ਤੇ ਸਾਧ ਸੰਗਤ ਨੂੰ ਸੰਬੋਧਿਤ ਕਰ ਰਹੇ ਸਨ। ਇਹ ਸਮਾਗਮ ਬਾਬਾ ਪੂਰਨ ਦਾਸ ਜੀ ਮਹਾਰਾਜ ਦੀ 60ਵੀਂ ਬਰਸੀ ਅਤੇ ਸੰਤ ਬਾਬਾ ਬਲਵੰਤ ਸਿੰਘ ਜੀ (ਸਿਹੌੜੇ ਵਾਲੇ) ਦੀ 12ਵੀਂ ਬਰਸੀ ਨੂੰ ਸਮਰਪਿਤ ਸੀ।
ਮੁੱਖ ਮੰਤਰੀ ਨੇ ਸੰਤ ਬਾਬਾ ਬਲਵੰਤ ਸਿੰਘ ਅਤੇ ਬਾਬਾ ਪੂਰਨ ਦਾਸ ਜੀ ਮਹਾਰਾਜ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਸੰਪੂਰਨ ਜੀਵਨ ਧਰਮ, ਤਪੱਸਿਆ, ਲੋਕ ਭਲਾਈ ਅਤੇ ਮਾਨਵ ਸੇਵਾ ਨੂੰ ਸਮਰਪਿਤ ਕੀਤਾ। ਜਲ ਸੰਕਟ ਨਾਲ ਜੂਝ ਰਹੇ ਖੇਤਰਾਂ ਵਿੱਚ ਖੂਹਾਂ ਦਾ ਨਿਰਮਾਣ ਕਰਵਾਉਣਾ, ਸਿੱਖਿਆ ਦੇ ਪ੍ਰਸਾਰ ਲਈ ਸਕੂਲ ਸਥਾਪਿਤ ਕਰਵਾਉਣਾ ਅਤੇ ਗੁਰਦੁਆਰਿਆਂ ਦਾ ਨਿਰਮਾਣ ਕਰਾਉਣਾ ਉਨ੍ਹਾਂ ਦੇ ਸਮਾਜ ਸੁਧਾਰਕ ਸ਼ਖਸੀਅਤ ਦਾ ਪ੍ਰਮਾਣ ਹੈ।
ਉਨ੍ਹਾਂ ਕਿਹਾ ਕਿ ਸੰਤ ਬਾਬਾ ਬਲਵੰਤ ਸਿੰਘ ਜੀ ਨੇ ਆਪਣੇ ਗੁਰੂ ਦੀ ਮਹਾਨ ਪਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਮਨੁੱਖਤਾ ਦੀ ਸੇਵਾ, ਅਧਿਆਤਮਿਕ ਜਾਗ੍ਰਿਤੀ ਅਤੇ ਸਿੱਖਿਆ ਦੇ ਖੇਤਰ ਵਿੱਚ ਉੱਘਾ ਯੋਗਦਾਨ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਧਰਮ ਅਤੇ ਨੈਤਿਕ ਮੁੱਲਾਂ ਨਾਲ ਜੋੜਨ ਦਾ ਕਾਰਜ ਕੀਤਾ ਅਤੇ ਸਿੱਖਿਆ ਸੰਸਥਾਵਾਂ ਦੀ ਸਥਾਪਨਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਜੋ ਕਦੇ ਪੂਰੇ ਦੇਸ਼ ਦਾ ਅੰਨਦਾਤਾ ਅਤੇ ਵਿਕਾਸ ਦਾ ਇੰਜਣ ਅਖਵਾਉਂਦਾ ਸੀ, ਅੱਜ ਉਹ ਆਪਣੀ ਦਿਸ਼ਾ ਭਟਕ ਗਿਆ ਹੈ। ਜਿਸ ਪੰਜਾਬ ਨੇ ਦੇਸ਼ ਨੂੰ ਖਿਡਾਰੀ ਦਿੱਤੇ, ਫੌਜੀ ਦਿੱਤੇ ਅਤੇ ਦੁਨੀਆ ਦੇ ਕੋਨੇ-ਕੋਨੇ ਵਿੱਚ ਨਾਮ ਕਮਾਉਣ ਵਾਲੇ ਉਦਯੋਗਪਤੀ ਦਿੱਤੇ, ਉਹ ਅੱਜ ਨਸ਼ੇ ਦੇ ਜਾਲ ਵਿੱਚ ਫਸਦਾ ਜਾ ਰਿਹਾ ਹੈ। ਜਿਸ ਪੰਜਾਬ ਦੀ ਮਿੱਟੀ ਤੋਂ ਇਨਕਲਾਬ ਦੀ ਮਹਿਕ ਆਉਂਦੀ ਸੀ ਅੱਜ ਉੱਥੋਂ ਦੇ ਨੌਜਵਾਨਾਂ ਦੀਆਂ ਅੱਖਾਂ ਵਿੱਚ ਭਵਿੱਖ ਨੂੰ ਲੈ ਕੇ ਅਨਿਸ਼ਚਿਤਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਮਾਜ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਨਸ਼ਾਖੋਰੀ, ਸਮਾਜਿਕ ਬੁਰਾਈਆਂ ਅਤੇ ਹਿੰਸਾ ਵਰਗੀਆਂ ਪ੍ਰਵਿਰਤੀਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸੰਤਾਂ ਦੇ ਆਦਰਸ਼ਾਂ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਧੁਨਿਕ ਸਿੱਖਿਆ ਦੇ ਨਾਲ-ਨਾਲ ਨੈਤਿਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਵੀ ਆਪਣੇ ਜੀਵਨ ਦਾ ਹਿੱਸਾ ਬਣਾਉਣ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੀ ਧਰਤੀ ਸੰਤਾਂ, ਗੁਰੂਆਂ ਅਤੇ ਵੀਰਾਂ ਦੀ ਭੂਮੀ ਰਹੀ ਹੈ। ਇਹ ਵੀ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਸਮਾਜ ਵਿੱਚ ਭਾਈਚਾਰੇ, ਸਦਭਾਵਨਾ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰੀਏ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਹਾਂਪੁਰਖਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਈਏ।
ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਗੁਫਾਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਤ ਗੁਰਚਰਨ ਦਾਸ ਜੀ ਵੱਲੋਂ ਚਲਾਈਆਂ ਜਾ ਰਹੀਆਂ ਸੇਵਾ, ਲੰਗਰ ਅਤੇ ਸਮਾਜਿਕ ਭਲਾਈ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਏਕਤਾ ਅਤੇ ਮਾਨਵਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।
ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ, ਸੰਤ-ਮਹਾਤਮਾ, ਜਨ ਪ੍ਰਤੀਨਿਧੀ ਅਤੇ ਮਾਣਯੋਗ ਵਿਅਕਤੀ ਮੌਜੂਦ ਸਨ।