Saturday, June 27
Shadow

ਹਰਿਆਣਾ ਦੇ ਸਕੂਲਾਂ ਵਿੱਚ ਬਣਨਗੇ ਵਰਟੀਕਲ ਭਵਨ, ਸਕੂਲਾਂ ਦੀਆਂ ਲੈਬਾਂ ਨੂੰ ਸੁਚਾਰੂ ਰੱਖਣ ਦੇ ਵੀ ਨਿਰਦੇਸ਼

ਚੰਡੀਗੜ੍ਹ, 27 ਜੂਨ— ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਖਸਤਾਹਾਲ ਇਮਾਰਤਾਂ ਨੂੰ ਢਾਹ ਕੇ ਨਵੀਂਆਂ ਇਮਾਰਤਾਂ ਦੀ ਉਸਾਰੀ ਕੀਤੀ ਜਾਵੇ। ਨਵੀਆਂ ਬਣਨ ਵਾਲੀਆਂ ਇਮਾਰਤਾਂ ਨਾ ਸਿਰਫ਼ ਆਕਰਸ਼ਕ ਹੋਣ, ਸਗੋਂ ਇਹ ਵਰਟੀਕਲ ਰੂਪ ਵਿੱਚ ਹੋਣ, ਤਾਂ ਜੋ ਬਾਕੀ ਬਚਦੀ ਜਗ੍ਹਾ ਦੀ ਵਰਤੋਂ ਬੱਚਿਆਂ ਲਈ ਖੇਡ ਦੇ ਮੈਦਾਨ ਵਜੋਂ ਕੀਤੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਿੱਖਿਆ ਵਿਭਾਗ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸੂਬੇ ਦੀ ਕਿਸੇ ਵੀ ਖਸਤਾਹਾਲ ਇਮਾਰਤ ਵਿੱਚ ਬੱਚਿਆਂ ਦੀਆਂ ਕਲਾਸਾਂ ਨਾ ਲੱਗਣ; ਉਨ੍ਹਾਂ ਨੂੰ ਨੇੜਲੇ ਸਰਕਾਰੀ ਭਵਨਾਂ ਜਾਂ ਦੂਜੇ ਸਕੂਲਾਂ ਵਿੱਚ ਉਦੋਂ ਤੱਕ ਸ਼ਿਫਟ ਕੀਤਾ ਜਾਵੇ ਜਦੋਂ ਤੱਕ ਨਵੀਂ ਇਮਾਰਤ ਦੀ ਉਸਾਰੀ ਨਹੀਂ ਹੋ ਜਾਂਦੀ। ਇਸ ਲਈ ਟੈਂਡਰ ਪ੍ਰਕਿਰਿਆ ਵੀ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਹਰਿਆਣਾ ਨਿਵਾਸ ਵਿੱਚ ਸੀਐਮਜੀਜੀਏ ਅਤੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਸਕੂਲ ਸਿੱਖਿਆ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਵਿਜੇ ਸਿੰਘ ਦਹੀਆ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਡਾ. ਯਸ਼ਪਾਲ, ਐਸਪੀਡੀ ਸ੍ਰੀ ਸਵਪਨਿਲ ਰਵਿੰਦਰ ਪਾਟਿਲ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਰਾਜੇਸ਼ ਸੰਧੂ ਅਤੇ ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਵੀ ਮੌਜ਼ੂਦ ਸਨ।

ਇਸ ਦੌਰਾਨ ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਨੇ ਸੂਬੇ ਦੇ ਵੱਖ-ਵੱਖ ਸਕੂਲਾਂ ਅਤੇ ਜਲ ਪ੍ਰੋਜੈਕਟਾਂ ਦਾ ਨਿਰੀਖਣ ਕਰਨ ਤੋਂ ਬਾਅਦ ਆਪਣੀ ਰਿਪੋਰਟ ਮੁੱਖ ਮੰਤਰੀ ਦੇ ਸਾਹਮਣੇ ਪੇਸ਼ ਕੀਤੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਵਿੱਚ ਉਪਲਬਧ ਸਾਇੰਸ ਲੈਬ, ਕੰਪਿਊਟਰ ਲੈਬ ਅਤੇ ਹੋਰ ਸਹੂਲਤਾਂ ਬੱਚਿਆਂ ਨੂੰ ਸੁਚਾਰੂ ਰੂਪ ਨਾਲ ਮਿਲਣੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਡਿਊਲ ਡੈਸਕ ਜਲਦ ਉਪਲਬਧ ਕਰਵਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਸਕੂਲਾਂ ਵਿੱਚ ਪੁਰਾਣੇ ਹੋ ਚੁੱਕੇ ਕੰਪਿਊਟਰ ਅਤੇ ਹੋਰ ਉਪਕਰਨਾਂ ਦੀ ਇੱਕ ਮਹੀਨੇ ਦੇ ਅੰਦਰ ਨਿਲਾਮੀ ਆਦਿ ਦੀ ਪ੍ਰਕਿਰਿਆ ਨੂੰ ਪੂਰਾ ਕਰਵਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਨੂੰ ਨਵੀਂ ਇਮਾਰਤ ਦੀ ਲੋੜ ਹੈ, ਉਨ੍ਹਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਪਰੇਸ਼ਾਨੀ ਨਾ ਹੋਵੇ।

ਰਿਪੋਰਟ ਤਲਬ ਕੀਤੀਜਵਾਬਦੇਹੀ ਯਕੀਨੀ ਹੋਵੇਗੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਸਾਹਮਣੇ ਸੀਐਮਜੀਜੀਏ ਦੁਆਰਾ ਦਿਖਾਈ ਗਈ ਰਿਪੋਰਟ ਦੇ ਆਧਾਰ ‘ਤੇ ਜਿਨ੍ਹਾਂ ਸਕੂਲਾਂ ਵਿੱਚ ਖਾਮੀਆਂ ਮਿਲੀਆਂ ਹਨ, ਉਨ੍ਹਾਂ ਦੀ ਰਿਪੋਰਟ ਤਲਬ ਕੀਤੀ ਗਈ ਹੈ। ਮੁੱਖ ਮੰਤਰੀ ਨੇ ਡੀਈਓ ਤੋਂ ਲੈ ਕੇ ਸਾਰਿਆਂ ਦੀ ਜਵਾਬਦੇਹੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਲਾਸ-ਏ ਦੇ ਅਧਿਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਵੀ ਕਰਨਗੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਜਾਂ ਮੁੱਖ ਅਧਿਆਪਕਾਂ ਦੀ ਉੱਥੇ ਵਿਵਸਥਾ ਆਦਿ ਬਣਾਈ ਰੱਖਣ ਦੀ ਜਵਾਬਦੇਹੀ ਤੈਅ ਹੋਵੇ; ਜੇਕਰ ਕਿਸੇ ਸਕੂਲ ਵਿੱਚ ਖਾਮੀ ਮਿਲਦੀ ਹੈ ਤਾਂ ਉਸ ਸਬੰਧ ਵਿੱਚ ਤੁਰੰਤ ਐਕਸ਼ਨ ਲਿਆ ਜਾਵੇ।

ਜਲ ਪ੍ਰੋਜੈਕਟਾਂ ਬਾਰੇ ਵੀ ਦਿੱਤੇ ਨਿਰਦੇਸ਼

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿੱਚ ਜਲ ਪ੍ਰੋਜੈਕਟਾਂ ਨੂੰ ਮਜ਼ਬੂਤ ਕਰਨ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਸਾਹਮਣੇ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਮਹਾਗ੍ਰਾਮ ਯੋਜਨਾ ਤਹਿਤ ਹੋ ਰਹੇ ਕੰਮਾਂ ਤੋਂ ਇਲਾਵਾ ਅੰਮ੍ਰਿਤ ਸਰੋਵਰ ਦੇ ਮੁਲਾਂਕਣ ਅਤੇ ਜਲਘਰਾਂ ਦੀ ਸਥਿਤੀ ਸਬੰਧੀ ਰਿਪੋਰਟ ਦਿਖਾਈ ਗਈ। ਮੁੱਖ ਮੰਤਰੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰਿਆਣਾ ਵਿੱਚ ਜਿਨ੍ਹਾਂ ਪਿੰਡਾਂ ਵਿੱਚ ਮਹਾਗ੍ਰਾਮ ਯੋਜਨਾ ਦੇ ਕੰਮ ਚੱਲ ਰਹੇ ਹਨ, ਉਨ੍ਹਾਂ ਵਿੱਚ ਐਸਟੀਪੀ ‘ਤੇ ਮੁੱਖ ਤੌਰ ‘ਤੇ ਫੋਕਸ ਕੀਤਾ ਜਾਵੇ। ਉਨ੍ਹਾਂ ਦੀ ਉਸਾਰੀ, ਕੁਨੈਕਸ਼ਨ ਆਦਿ ਦਾ ਕੰਮ ਸਮੇਂ ਰਹਿੰਦਿਆਂ ਪੂਰਾ ਹੋਵੇ। ਨਾਲ ਹੀ, ਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਦੇ ਮੱਦੇਨਜ਼ਰ ਡਰੇਨਾਂ ਅਤੇ ਸੀਵਰੇਜ ਆਦਿ ਦੀ ਸਫਾਈ ਕਰਵਾਉਣ ਦੇ ਨਿਰਦੇਸ਼ ਵੀ ਸਬੰਧਤ ਵਿਭਾਗ ਨੂੰ ਦਿੱਤੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਆਮ ਜਨਤਾ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਕਰਨਾ ਹੈ।

Leave a Reply

Your email address will not be published. Required fields are marked *