
ਤਰਨ ਤਾਰਨ, 30 ਜੂਨ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਮੁਹਿੰਮ ਤਹਿਤ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਯੋਗ ਵੋਟਰਾਂ ਤੋਂ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾ ਰਹੇ ਹਨ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਤਰਨ ਤਾਰਨ ਡਾ. ਕਰਨਵੀਰ ਸਿੰਘ ਨੇ ਅੱਜ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਵੋਟਰਾਂ ਤੋਂ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾਣ ਦੇ ਕੰਮ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ ਹੋਰ ਸ਼ੁੱਧ, ਸਹੀ ਅਤੇ ਅਪਡੇਟ ਬਣਾਉਣਾ ਹੈ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਮਤ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਦੌਰਾਨ ਉਨ੍ਹਾਂ ਵੋਟਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਬੀ.ਐਲ.ਓਜ਼ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਲਗਨ ਅਤੇ ਪਾਰਦਰਸ਼ਤਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਯੋਗ ਵੋਟਰ ਤੱਕ ਗਣਨਾ ਫਾਰਮ ਪਹੁੰਚਾਉਣਾ ਅਤੇ ਸਮੇਂ ਸਿਰ ਭਰੇ ਹੋਏ ਫਾਰਮ ਪ੍ਰਾਪਤ ਕਰਨਾ ਇਸ ਮੁਹਿੰਮ ਦੀ ਸਫ਼ਲਤਾ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਵਿੱਚ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ। ਇਸ ਮੌਕੇ ਬੀ.ਐਲ.ਓਜ਼ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।