Sunday, June 21
Shadow

22 ਤੋਂ 25 ਜੂਨ ਤੱਕ ਭਰੇ ਜਾਣਗੇ ਨਗਰ ਨਿਗਮ ਚੋਣਾਂ ਦੇ ਨਾਮਜ਼ਦਗੀ ਪੱਤਰ

ਹੁਸ਼ਿਆਰਪੁਰ, 21 ਜੂਨ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਰਧਾਰਿਤ ਪ੍ਰੋਗਰਾਮ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰ 22 ਜੂਨ ਤੋਂ 25 ਜੂਨ 2026 ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ।
   ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਸਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ, ਜਦਕਿ 27 ਜੂਨ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿਣ ਵਾਲੇ ਯੋਗ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ।
      ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਲਈ ਰਿਟਰਨਿੰਗ ਅਫ਼ਸਰਾਂ ਵੱਲੋਂ ਤਿੰਨ ਥਾਵਾਂ ‘ਤੇ ਨਾਮਜ਼ਦਗੀ ਕੇਂਦਰ ਸਥਾਪਿਤ ਕੀਤੇ ਗਏ ਹਨ। ਵਾਰਡ ਨੰਬਰ 1 ਤੋਂ 17 ਤੱਕ ਦੇ ਉਮੀਦਵਾਰ ਐੱਸ.ਡੀ.ਐੱਮ. ਦਫ਼ਤਰ, ਤਹਿਸੀਲ ਕੰਪਲੈਕਸ, ਹੁਸ਼ਿਆਰਪੁਰ (ਜੇਲ੍ਹ ਚੌਂਕ ਨੇੜੇ) ਸਥਿਤ ਕੋਰਟ ਰੂਮ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
       ਇਸੇ ਤਰ੍ਹਾਂ ਵਾਰਡ ਨੰਬਰ 18 ਤੋਂ 31 ਤੱਕ ਦੇ ਉਮੀਦਵਾਰ ਲੋਕ ਨਿਰਮਾਣ ਵਿਭਾਗ (ਭਵਨ ਅਤੇ ਸੜਕ ਸ਼ਾਖਾ) ਦੇ ਨਿਰਮਾਣ ਮੰਡਲ ਨੰਬਰ-1 ਦੇ ਕਾਰਜਕਾਰੀ ਇੰਜੀਨੀਅਰ ਦਫ਼ਤਰ, ਮੁੱਖ ਡਾਕਘਰ ਨੇੜੇ, ਸਿਵਲ ਲਾਈਨ, ਹੁਸ਼ਿਆਰਪੁਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਦਕਿ ਵਾਰਡ ਨੰਬਰ 32 ਤੋਂ 50 ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਸਥਿਤ ਕੋਰਟ ਰੂਮ ਨੂੰ ਨਾਮਜ਼ਦਗੀ ਕੇਂਦਰ ਬਣਾਇਆ ਗਿਆ ਹੈ।
      ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਸਬੰਧਤ ਥਾਵਾਂ ‘ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 5 ਜੁਲਾਈ 2026 (ਐਤਵਾਰ) ਨੂੰ ਨਗਰ ਨਿਗਮ ਦੇ 50 ਵਾਰਡਾਂ ਵਿੱਚ ਵੋਟਿੰਗ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *