Thursday, June 18
Shadow

ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ

ਮਾਨਸਾ, 2 ਮਾਰਚ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਜ਼ਿਲ੍ਹਾ ਮਾਨਸਾ ਨੇ ਵੱਡੀ ਮੱਲ ਮਾਰਦਿਆਂ ਸੂਬੇ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਲਗਾਤਾਰ ਤੇਜ਼ੀ ਦਰਜ ਕੀਤੀ ਜਾ ਰਹੀ ਹੈ।
ਇਸੇ ਪ੍ਰਗਤੀ ਨੂੰ ਹੋਰ ਅੱਗੇ ਵਧਾਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਸਬੰਧਤ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦਾ ਮੁੱਖ ਟੀਚਾ ਹਰ ਯੋਗ ਪਰਿਵਾਰ ਨੂੰ ਇਸ ਮੁਫ਼ਤ ਸਿਹਤ ਸਹੂਲਤ ਦੇ ਦਾਇਰੇ ਵਿੱਚ ਲਿਆਉਣਾ ਹੈ। ਏ.ਡੀ.ਸੀ. ਨੇ ਦੱਸਿਆ ਕਿ ਪੰਚਾਇਤ ਸਕੱਤਰ, ਆਂਗਨਵਾੜੀ ਵਰਕਰ ਅਤੇ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਇਹ ਕਰਮਚਾਰੀ ਸਾਂਝੇ ਤੌਰ ‘ਤੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇ ਰਹੇ ਹਨ।

 ਸਬ-ਡਵੀਜ਼ਨਾਂ ਵਿੱਚ ਸਬੰਧਤ ਉਪਮੰਡਲ ਮੈਜਿਸਟਰੇਟ ਨਿੱਜੀ ਤੌਰ ‘ਤੇ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਕਿਸੇ ਵੀ ਪੱਧਰ ‘ਤੇ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਕੰਮ ਦੀ ਰਫ਼ਤਾਰ ਬਰਕਰਾਰ ਰੱਖਣ ਲਈ ਰੋਜ਼ਾਨਾ ਆਧਾਰ ‘ਤੇ ਪ੍ਰਗਤੀ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ।

 ਡੀਸੀ ਨਵਜੋਤ ਕੌਰ ਦੇ ਹੁਕਮਾਂ ਅਨੁਸਾਰ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਨੇ ਰਜਿਸਟ੍ਰੇਸ਼ਨ ਵਿੱਚ ਜੋ ਮੋਹਰੀ ਸਥਾਨ ਹਾਸਲ ਕੀਤਾ ਹੈ, ਉਸ ਨੂੰ ਬਰਕਰਾਰ ਰੱਖਣ ਲਈ ਸਾਡੀਆਂ ਟੀਮਾਂ ਦਿਨ-ਰਾਤ ਮੈਦਾਨੀ ਪੱਧਰ ‘ਤੇ ਕੰਮ ਕਰ ਰਹੀਆਂ ਹਨ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਿਹਤ ਸਹੂਲਤਾਂ ਤੱਕ ਹਰ ਨਾਗਰਿਕ ਦੀ ਪਹੁੰਚ ਹੋਵੇ ਅਤੇ ਕੋਈ ਵੀ ਲਾਭਪਾਤਰੀ ਵਾਂਝਾ ਨਾ ਰਹੇ।

ਏ.ਡੀ.ਸੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਅੱਗੇ ਆਉਣ ਅਤੇ ਪ੍ਰਸ਼ਾਸਨਿਕ ਟੀਮਾਂ ਨੂੰ ਸਹਿਯੋਗ ਦੇਣ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ ਜਾ ਸਕੇ।

Leave a Reply

Your email address will not be published. Required fields are marked *