Thursday, June 18
Shadow

ਡੀਸੀ ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ

ਮਾਨਸਾ, 6 ਮਾਰਚ: ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਉਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਚਿੱਟੀ ਮੱਖੀ ਤੋਂ ਬਚਾਅ ਲਈ ਨਦੀਨਾਂ ਨੂੰ ਨਸ਼ਟ ਕਰਨ ਲਈ ਇੱਕ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਦੇ ਕੰਢਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ, ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਫੈਲਣ ਵਿੱਚ ਸਹਾਇਕ ਹੁੰਦੇ ਹਨ।
ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੂਜੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਖਤਮ ਕਰਨ ਦੇ ਸਹੀ ਤਰੀਕਿਆਂ ਬਾਰੇ ਤਕਨੀਕੀ ਸਿਖਲਾਈ ਦੇਣ। ਸਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਪਿੰਡ ਪੱਧਰ ‘ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ।

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਚਿੱਟੀ ਮੱਖੀ ਨੂੰ ਪਨਾਹ ਦੇਣ ਵਾਲੇ ਨਦੀਨਾਂ ਨੂੰ ਸਿਰਫ਼ ਉੱਪਰੋਂ ਕੱਟਣਾ ਕਾਫ਼ੀ ਨਹੀਂ ਹੈ। ਇਸ ਲਈ ਅਜਿਹੇ ਨਦੀਨਾਂ ਨੂੰ ਜੜ੍ਹ ਤੋਂ ਪੁੱਟਿਆ ਜਾਵੇ ਅਤੇ ਪੁੱਟੇ ਗਏ ਨਦੀਨਾਂ ਨੂੰ ਮਿੱਟੀ ਵਿੱਚ ਟੋਇਆ ਪੁੱਟ ਕੇ ਦੱਬ ਦਿੱਤਾ ਜਾਵੇ ਜਾਂ ਫਿਰ ਇਨ੍ਹਾਂ ਨੂੰ ਇੱਕ ਜਗ੍ਹਾ ਇਕੱਠਾ ਕਰਕੇ ਅੱਗ ਲਗਾ ਕੇ ਸਾੜ ਦਿੱਤਾ ਜਾਵੇ ਤਾਂ ਜੋ ਮੱਖੀ ਦਾ ਲਾਰਵਾ ਪੂਰੀ ਤਰ੍ਹਾਂ ਖਤਮ ਹੋ ਸਕੇ।

ਡੀਸੀ ਨਵਜੋਤ ਕੌਰ ਨੇ ਕਿਹਾ ਕਿ ਸਾਡਾ ਮੁੱਖ ਉਦੇਸ਼ ਨਰਮੇ ਦੀ ਫ਼ਸਲ ਨੂੰ ਸ਼ੁਰੂਆਤੀ ਦੌਰ ਵਿੱਚ ਹੀ ਸੁਰੱਖਿਅਤ ਰੱਖਣਾ ਹੈ। ਉਨ੍ਹਾਂ ਆਦੇਸ਼ ਦਿੱਤੇ ਕਿ ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ ਦੀ ਪਛਾਣ ਕਰਕੇ ਉੱਥੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ।

ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਤ ਵਿਭਾਗਾਂ ਨੂੰ ਤਾਕੀਦ ਕੀਤੀ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਰੋਜ਼ਾਨਾ ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਜਾਵੇ।

ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਨਦੀਨ ਜਿਵੇਂ ਕਿ ਪੁੱਠ ਕੰਡਾ, ਪੀਲੀ ਕੂੰਘੀ, ਗਾਜਰ ਘਾਹ, ਜੰਗਲੀ ਗੋਭੀ, ਲੋਹ, ਗਾਜਰ ਬੂਟੀ ਆਮ ਤੌਰ ਤੇ ਸੜ੍ਹਕਾਂ ਦੇ ਕਿਨਾਰੇ, ਨਹਿਰਾਂ, ਕੱਸੀਆਂ, ਡਰੇਨਾਂ ਦੇ ਕੰਡੇ, ਨਿੱਜੀ ਖੇਤਾਂ ਦੇ ਕੰਡਿਆਂ, ਪਹੀਆਂ ਅਤੇ ਖਾਲੀ ਪਈਆਂ ਥਾਵਾਂ ਤੇ ਪਾਏ ਜਾਂਦੇ ਹਨ। ਇਸ ਲਈ ਨਰਮੇ ਵਾਲੇ ਇਲਾਕਿਆਂ ਵਿੱਚ ਇਸ ਤਰ੍ਹਾਂ ਦੇ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਨਰਮੇ ਦੀ ਬਿਜਾਈ ਤੋਂ ਪਹਿਲਾਂ 15 ਅਪ੍ਰੈਲ ਤੱਕ ਜਾਰੀ ਰਹੇਗੀ।

ਮੀਟਿੰਗ ਦੌਰਾਨ ਐਸਡੀਐਮ ਮਾਨਸਾ ਬਲਜੀਤ ਕੌਰ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *