Wednesday, July 29
Shadow

ਵਿਧਾਇਕ ਜਿੰਪਾ ਨੇ ਸੜਕਾਂ ਦੇ ਪੈਚ ਵਰਕ ਅਤੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਹੁਸ਼ਿਆਰਪੁਰ, 13 ਮਈ: ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੜਕਾਂ ਦੀ ਖ਼ਰਾਬ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਅਤੇ ਊਨਾ ਰੋਡ ਨੈਸ਼ਨਲ ਹਾਈਵੇ ਨਾਲ ਸਬੰਧਤ ਵੱਖ-ਵੱਖ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਡਿਵੀਜ਼ਨ), ਨੈਸ਼ਨਲ ਹਾਈਵੇ ਅਥਾਰਟੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਭਾਗ ਲਿਆ।

       ਮੀਟਿੰਗ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਸੜਕ ਮੁਰੰਮਤ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਮੁੱਖ ਮਾਰਗ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਏ ਜਾਣ ਤਾਂ ਜੋ ਆਮ ਲੋਕਾਂ, ਵਪਾਰੀਆਂ ਅਤੇ ਯਾਤਰੀਆਂ ਨੂੰ ਆਵਾਜਾਈ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

     ਲੋਕ ਨਿਰਮਾਣ ਵਿਭਾਗ ਨੈਸ਼ਨਲ ਹਾਈਵੇ ਡਿਵੀਜ਼ਨ ਦੇ ਅਧਿਕਾਰੀਆਂ ਨੇ ਵਿਧਾਇਕ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਜਰਬਾਗ ਤੋਂ ਚੌਹਾਲ ਤੱਕ ਪੈਚ ਵਰਕ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ, ਜਦਕਿ ਅੰਬੇ ਵੈਲੀ ਰੋਡ ’ਤੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਸ ਤੋਂ ਇਲਾਵਾ ਕੇ.ਐਫ.ਸੀ ਚੌਕ ਤੋਂ ਪ੍ਰਭਾਤ ਚੌਕ ਤੱਕ ਸੜਕ ਦੇ ਪੈਚ ਵਰਕ ਦਾ ਕੰਮ ਵੀਰਵਾਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਨਿਰਧਾਰਿਤ ਸਮੇਂ ਅੰਦਰ ਸਾਰੇ ਕੰਮ ਗੁਣਵੱਤਾ ਮਾਪਦੰਡਾਂ ਅਨੁਸਾਰ ਪੂਰੇ ਕੀਤੇ ਜਾਣਗੇ।

      ਮੀਟਿੰਗ ਵਿੱਚ ਊਨਾ ਰੋਡ ਨੈਸ਼ਨਲ ਹਾਈਵੇ ਨਾਲ ਸਬੰਧਤ ਕੰਮਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬਜਵਾੜਾ ਭੱਠਾ ਚੌਕ ਤੋਂ ਹਿਮਾਚਲ ਸਰਹੱਦ ਤੱਕ ਪੈਚ ਵਰਕ ਦਾ ਕੰਮ ਪੂਰਾ ਕਰਵਾ ਦਿੱਤਾ ਗਿਆ ਹੈ। ਇਸ ’ਤੇ ਵਿਧਾਇਕ ਜਿੰਪਾ ਨੇ ਹਦਾਇਤਾਂ ਦਿੰਦਿਆਂ ਕਿਹਾ ਕਿ ਹਿਮਾਚਲ ਸਰਹੱਦ ਦੇ ਨੇੜੇ ਸੜਕ ਕਿਨਾਰੇ ਬਰਮ ਅਤੇ ਡੰਗਿਆਂ ਨੂੰ ਮਜ਼ਬੂਤ ਕਰਨ ਦਾ ਕੰਮ ਵੀ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਸੜਕ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ ਅਤੇ ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

     ਊਨਾ ਰੋਡ ਦੇ ਸਥਾਈ ਨਿਰਮਾਣ ਸਬੰਧੀ ਪ੍ਰੋਜੈਕਟ ’ਤੇ ਚਰਚਾ ਕਰਦਿਆਂ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਣ ਵਿਭਾਗ ਤੋਂ ਲੋੜੀਂਦੀ ਮਨਜ਼ੂਰੀ ਦੀ ਪ੍ਰਕਿਰਿਆ ਜਾਰੀ ਹੈ ਅਤੇ ਮਨਜ਼ੂਰੀ ਮਿਲਦੇ ਹੀ ਸੜਕ ਨਿਰਮਾਣ ਦਾ ਕੰਮ ਨਿਯਮਾਂ ਅਨੁਸਾਰ ਸ਼ੁਰੂ ਕਰ ਦਿੱਤਾ ਜਾਵੇਗਾ। ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਮਾਰਗ ਖੇਤਰ ਦੀ ਜੀਵਨ ਰੇਖਾ ਹੈ ਅਤੇ ਇਸ ਦੇ ਨਿਰਮਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਲੋਕਾਂ ਦੀਆਂ ਮੁਸ਼ਕਲਾਂ ਵਧਾਉਂਦੀ ਹੈ, ਇਸ ਲਈ ਸਬੰਧਤ ਵਿਭਾਗ ਸਾਰੀਆਂ ਪ੍ਰਕਿਰਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕਰਨ।

        ਇਸ ਦੌਰਾਨ ਵਿਧਾਇਕ ਜਿੰਪਾ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਪ੍ਰਭਾਤ ਚੌਕ ਵਿੱਚ ਸੜਕ ਹੇਠਾਂ ਹੋ ਰਹੀ ਪਾਣੀ ਦੀ ਲੀਕੇਜ ਦੀ ਸਮੱਸਿਆ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਦ ਤੱਕ ਲੀਕੇਜ ਦੀ ਸਮੱਸਿਆ ਦਾ ਪੱਕਾ ਹੱਲ ਨਹੀਂ ਕੀਤਾ ਜਾਂਦਾ, ਤਦ ਤੱਕ ਸੜਕ ਨਿਰਮਾਣ ਕੰਮ ਪ੍ਰਭਾਵਿਤ ਹੁੰਦਾ ਰਹੇਗਾ।

       ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਧਾਇਕ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸੜਕ ਮੁਰੰਮਤ ਅਤੇ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਗੁਰਮੀਤ ਸਿੰਘ, ਐਕਸੀਅਨ ਨਗਰ ਨਿਗਮ ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *