Thursday, June 4
Shadow

ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ – ਡੀਆਈਜੀ ਨਾਨਕ ਸਿੰਘ

ਰੂਪਨਗਰ, 04 ਜੂਨ: ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੂਪਨਗਰ ਰੇਂਜ ਅਧੀਨ ਪੁਲਿਸ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸੁਰੱਖਿਆ ਅਤੇ ਆਪਰੇਸ਼ਨਲ ਡਰਿੱਲਾਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਦੇ ਥਾਣਾ ਸਦਰ ਰੂਪਨਗਰ ਵਿਖੇ ਇੱਕ ਵਿਸ਼ੇਸ਼ ਹਾਊਸ ਇੰਟਰਵੈਂਸ਼ਨ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਨੇ ਦੱਸਿਆ ਕਿ ਇਸ ਡਰਿੱਲ ਦਾ ਮੁੱਖ ਉਦੇਸ਼ ਪੁਲਿਸ ਮੁਲਾਜ਼ਮਾਂ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਤਿਆਰ ਕਰਨਾ ਸੀ, ਉਨ੍ਹਾਂ ਦੱਸਿਆ ਕਿ ਜਦੋਂ ਕੋਈ ਸ਼ੱਕੀ ਜਾਂ ਗਲਤ ਅਨਸਰ ਕਿਸੇ ਘਰ ਜਾਂ ਇਮਾਰਤ ਅੰਦਰ ਲੁਕਿਆ ਹੋਵੇ ਤਾਂ ਇਸ ਡਰਿੱਲ ਦੌਰਾਨ ਪੁਲਿਸ ਟੀਮਾਂ ਨੂੰ ਆਪਣੀ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੇ ਹੋਏ ਇਮਾਰਤ ਅੰਦਰ ਦਾਖਲ ਹੋਣ, ਸ਼ੱਕੀ ਵਿਅਕਤੀ ਦੀ ਭਾਲ ਕਰਨ, ਉਸ ਦੀ ਸਥਿਤੀ ਦਾ ਪਤਾ ਲਗਾਉਣ ਅਤੇ ਉਸਨੂੰ ਸੁਰੱਖਿਅਤ ਢੰਗ ਨਾਲ ਕਾਬੂ ਕਰਨ ਸਬੰਧੀ ਵਿਹਾਰਕ ਸਿਖਲਾਈ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਸਿਰਫ਼ ਇੱਕ ਟੀਮ ਤੱਕ ਸੀਮਿਤ ਨਹੀਂ ਹੈ, ਸਗੋਂ ਜ਼ਿਲ੍ਹਾ ਪੁਲਿਸ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਤਿਆਰ ਕੀਤਾ ਜਾ ਰਿਹਾ ਹੈ। ਕਿਸੇ ਵੀ ਐਮਰਜੈਂਸੀ ਜਾਂ ਸੰਵੇਦਨਸ਼ੀਲ ਸਥਿਤੀ ਦੌਰਾਨ ਕਿਹੜੀ ਟੀਮ ਅੰਦਰੂਨੀ ਕਾਰਵਾਈ ਕਰੇਗੀ, ਕੌਣ ਨਾਕਾਬੰਦੀ ਸੰਭਾਲੇਗਾ, ਕੌਣ ਵੱਖ-ਵੱਖ ਏਜੰਸੀਆਂ ਨਾਲ ਤਾਲਮੇਲ ਕਰੇਗਾ ਅਤੇ ਕੌਣ ਕਮਾਂਡ ਅਤੇ ਕੰਟਰੋਲ ਦੀ ਜ਼ਿੰਮੇਵਾਰੀ ਨਿਭਾਏਗਾ, ਇਸ ਸਬੰਧੀ ਵੀ ਵਿਸਥਾਰਪੂਰਵਕ ਅਭਿਆਸ ਕਰਵਾਇਆ ਗਿਆ।

ਸ. ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ ‘ਤੇ ਬੰਬ ਧਮਕੀ, ਅੱਤਵਾਦ ਵਿਰੋਧੀ ਕਾਰਵਾਈਆਂ, ਸੰਵੇਦਨਸ਼ੀਲ ਸਥਾਨਾਂ ਦੀ ਸੁਰੱਖਿਆ ਅਤੇ ਹੋਰ ਐਮਰਜੈਂਸੀ ਸਥਿਤੀਆਂ ਨਾਲ ਸਬੰਧਿਤ ਮੌਕ ਡਰਿੱਲਾਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਪੁਲਿਸ ਬਲ ਨੂੰ ਹਰ ਤਰ੍ਹਾਂ ਦੀ ਅਣਹੋਣੀ ਸਥਿਤੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਤਿਆਰ ਰੱਖਿਆ ਜਾ ਸਕੇ।

ਡੀਆਈਜੀ ਰੂਪਨਗਰ ਰੇਂਜ ਨੇ ਦੱਸਿਆ ਕਿ ਮੌਜੂਦਾ ਸੁਰੱਖਿਆ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਸਾਈਬਰ ਅਪਰਾਧਾਂ ਖ਼ਿਲਾਫ਼ ਵੀ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਜਿਹੇ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮਕਸਦ ਲਈ ਸਿਖਲਾਈ ਅਤੇ ਤਿਆਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੂੰ ਹਰ ਤਰ੍ਹਾਂ ਦੀ ਅਪਾਤਕਾਲੀਨ ਸਥਿਤੀ ਨਾਲ ਨਜਿੱਠਣ ਲਈ ਨਿਰੰਤਰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੌਕ ਡਰਿੱਲਾਂ ਰਾਹੀਂ ਪੁਲਿਸ ਮੁਲਾਜ਼ਮਾਂ ਦੀ ਕਾਰਜਕੁਸ਼ਲਤਾ, ਤਾਲਮੇਲ ਅਤੇ ਤੁਰੰਤ ਫ਼ੈਸਲੇ ਲੈਣ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ, ਜਿਸ ਨਾਲ ਕਿਸੇ ਵੀ ਸੰਕਟਕਾਲੀਨ ਸਥਿਤੀ ਵਿੱਚ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕਦੀ ਹੈ।

ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਅੱਜ ਕਰਵਾਈ ਗਈ ਮੌਕ ਡਰਿੱਲ ਵਿੱਚ ਇੱਕ ਐੱਸਪੀ, ਦੋ ਡੀਐੱਸਪੀ ਅਤੇ ਕਰੀਬ 60 ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ। ਡਰਿੱਲ ਦੌਰਾਨ ਪੁਲਿਸ ਫੋਰਸ ਨੂੰ ਕਿਸੇ ਵੀ ਅਪਾਤਕਾਲੀਨ ਸਥਿਤੀ ਦਾ ਮੁਕਾਬਲਾ ਕਰਨ, ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਅਤੇ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇਸ ਮੌਕੇ ਡੀਆਈਜੀ ਰੂਪਨਗਰ ਰੇਂਜ ਵੱਲੋਂ ਵੀ ਸਮੂਹ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।

ਉਨ੍ਹਾਂ ਹੋਰ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਰੋਜ਼ਾਨਾ ਗਸ਼ਤਾਂ, ਨਾਕਾਬੰਦੀਆਂ, ਸਰਚ ਆਪਰੇਸ਼ਨ ਅਤੇ ਖੁਫ਼ੀਆ ਸੂਚਨਾਵਾਂ ਦੇ ਆਧਾਰ ‘ਤੇ ਵਿਸ਼ੇਸ਼ ਕਾਰਵਾਈਆਂ ਲਗਾਤਾਰ ਜਾਰੀ ਹਨ। ਕਿਸੇ ਵੀ ਸ਼ਰਾਰਤੀ, ਸਮਾਜ ਵਿਰੋਧੀ ਜਾਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਹਰ ਹਾਲਤ ਵਿੱਚ ਕਾਇਮ ਰੱਖੀ ਜਾਵੇਗੀ।

ਇਸ ਮੌਕੇ ਐੱਸਪੀ ਸ੍ਰੀ ਅਰਵਿੰਦ ਮੀਨਾ, ਡੀਐੱਸਪੀ ਸ੍ਰੀ ਦੀਪਇੰਦਰ ਸਿੰਘ, ਐੱਸਐੱਚਓ ਸਦਰ ਥਾਣਾ ਸ੍ਰੀ ਸੰਨੀ ਖੰਨਾ, ਐੱਸਐੱਚਓ ਥਾਣਾ ਸਿਟੀ ਸ੍ਰੀ ਪਵਨ ਚੌਧਰੀ ਅਤੇ ਪੁਲਿਸ ਵਿਭਾਗ ਦੇ ਹੋਰ ਉੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

Leave a Reply

Your email address will not be published. Required fields are marked *