Monday, September 14
Shadow

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 14 ਸਤੰਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਵਿੱਚ 6 ਵੱਖ-ਵੱਖ ਮਾਮਲਿਆਂ ਵਿੱਚ ਸੱਤ ਸਰਕਾਰੀ ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਆਪਕ ਯਤਨ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਵਿਜੀਲੈਂਸ ਨਾਲ ਸਬੰਧਤ 13 ਕੇਸਾਂ ਦੇ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਵਾਸਤੇ 3 ਵਿਜੀਲੈਂਸ ਤਫ਼ਤੀਸ਼ਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 23 ਮੁਲਜ਼ਮਾਂ ਵਿਰੁੱਧ 10 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਮੁਲਾਜ਼ਮ ਸ਼ਾਮਲ ਹਨ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਬਿਊਰੋ ਵੱਲੋਂ ਦਾਇਰ ਅਤੇ ਪੈਰਵੀ ਕੀਤੇ ਗਏ ਰਿਸ਼ਵਤਖੋਰੀ ਦੇ ਚਾਰ ਮਾਮਲਿਆਂ ‘ਤੇ ਵੱਖ-ਵੱਖ ਸਮਰੱਥ ਅਦਾਲਤਾਂ ਵੱਲੋਂ ਫੈਸਲੇ ਸੁਣਾਏ ਗਏ ਅਤੇ ਇਨ੍ਹਾਂ ਮਾਮਲਿਆਂ ਵਿੱਚ ਅੱਠ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ 4 ਤੋਂ 5 ਸਾਲ ਦੀ ਕੈਦ ਅਤੇ 8,000 ਰੁਪਏ ਤੋਂ ਲੈ ਕੇ 1,00,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।